‘ਆਪ’ ਨੇ ਲੋਕ ਸਭਾ ਚੋਣਾਂ ਦਾ ਵਜਾਇਆ ਬਿਗੁਲ, ਸੁਪਰੀਮੋ ਕੇਜਰੀਵਾਲ ਨੇ ਜਾਰੀ ਕੀਤਾ ਨਵਾਂ ‘ਸਲੋਗਨ’
ਪੰਜਾਬ ਵਿਚ ਆਮ ਆਦਮੀ ਪਾਰਟੀ ਨੇ ਲੋਕ ਸਭਾ ਚੋਣਾਂ ਦਾ ਵਿਗੁਲ ਵਜਾ ਦਿੱਤਾ ਹੈ। ‘ਆਪ’ ਸੁਪਰੀਮੋ ਕੇਜਰੀਵਾਲ ਅੱਜ ਮੋਹਾਲੀ ਪਹੁੰਚੇ ਜਿਥੇ ਉਨ੍ਹਾਂ ਕਿਹਾ ਕਿ ਉਹ ਪੰਜਾਬ ਦੇ ਲੋਕਾਂ ਦੇ ਧੰਨਵਾਦੀ ਹਨ ਜਿਨ੍ਹਾਂ ਨੇ ਦੋ ਸਾਲ ਪਹਿਲਾਂ ਵੱਡੇ-ਵੱਡੇ ਨੇਤਾਵਾਂ ਨੂੰ ਹਰਾ ਕੇ ਆਮ ਆਦਮੀ ਪਾਰਟੀ ਨੂੰ ਭਾਰੀ ਬਹੁਮਤ ਨਾਲ ਜਿਤਾ ਕੇ ਇਤਿਹਾਸ ਰਚਿਆ ਤੇ ਸਾਨੂੰ 117 ਵਿਚੋਂ 92 ਸੀਟਾਂ ਮਿਲੀਆਂ।
ਲੋਕ ਸਭਾ ਚੋਣਾਂ ਦੇ ਪ੍ਰਚਾਰ ਦੌਰਾਨ ਕੇਜਰੀਵਾਲ ਨੇ ਸੀਐੱਮ ਭਗਵੰਤ ਮਾਨ ਦੇ ਚਿਹਰੇ ‘ਤੇ ਪੰਜਾਬ ਦੇ ਚੋਣ ਮੈਦਾਨ ਵਿਚ ਉਤਰ ਰਹੀ ਆਮ ਆਦਮੀ ਪਾਰਟੀ ਨੂੰ ‘ਸੰਸਦ ਵਿਚ ਵੀ ਭਗਵੰਤ ਮਾਨ, ਖੁਸ਼ਹਾਲ ਪੰਜਾਬ ਤੇ ਵਧੇਗੀ ਸ਼ਾਨ’ ਨਾਂ ਦਾ ਨਵਾਂ ਸਲੋਗਨ ਦਿੱਤਾ।ਕੇਜਰੀਵਾਲ ਨੇ ਕਿਹਾ ਕਿ ਸਾਨੂੰ ਪੰਜਾਬ ਦੇ ਲੋਕਾਂ ਦਾ ਵੋਟ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਅਸੀਂ ਪੰਜਾਬ ਦੇ ਲੋਕਾਂ ਦਾ ਅਹਿਸਾਨ ਤਾਂ ਨਹੀਂ ਚੁਕਾ ਸਕਦੇ ਪਰ ਪੰਜਾਬੀਆਂ ਦਾ ਵਿਕਾਸ ਕਰਕੇ ਉਨ੍ਹਾਂ ਦਾ ਜੀਵਨ ਪੱਧਰ ਉੱਚਾ ਚੁੱਕ ਸਕਦੇ ਹਾਂ। ਪੰਜਾਬ ਸਰਕਾਰ 24 ਘੰਟੇ ਕੰਮ ਕਰ ਰਹੀ ਹੈ। ਮੁੱਖ ਮੰਤਰੀ ਭਗਵੰਤ ਮਾਨ,ਪੰਜਾਬ ਦੇ ਮੰਤਰੀ ਤੇ ਵਿਧਾਇਕ 24 ਘੰਟੇ ਲੋਕਾਂ ਦੀ ਸੇਵਾ ਕਰ ਰਹੇ ਹਨ।
‘ਆਪ’ ਸੁਪਰੀਮੋ ਕੇਜਰੀਵਾਲ ਨੇ ਕਿਹਾ ਕਿ ਹੁਣ ਪੰਜਾਬੀਆਂ ਦਾ ਵੀ ਫਰਜ਼ ਹੈ ਕਿ ਉਹ ਪੰਜਾਬ ਦੀਆਂ 13 ਸੀਟਾਂ ਜਿੱਤ ਕੇ ਭਗਵੰਤ ਮਾਨ ਦੇ ਹੱਥ ਮਜ਼ਬੂਤ ਕਰਨ। ਪੰਜਾਬ ਦੇ ਲੋਕ ਉਨ੍ਹਾਂ ਦੇ ਮਾਲਕ ਹਨ,ਉਹ ਸੇਵਕ ਹਨ। ਉਹ ਪੰਜਾਬ ਦੇ ਲੋਕਾਂ ਤੋਂ ਵੋਟ ਮੰਗਣ ਆਏ ਹਨ। ਵਿਧਾਨ ਸਭਾ ਦੀ ਤਰ੍ਹਾਂ ਲੋਕ ਸਭਾ ਚੋਣਾਂ ਵਿਚ ਵੀ 13 ਸੀਟਾਂ ‘ਤੇ ਜਿਤਾਉਣ। ਉਹ ਆਪਣੇ ਲਈ ਨਹੀਂ ਸਗੋਂ ਤੁਹਾਡੇ ਲਈ 13 ਸੀਟਾਂ ਮੰਗ ਰਹੇ ਹਨ। ਪੰਜਾਬ ਦੀ ਤਰੱਕੀ ਲਈ 13 ਸੀਟਾਂ ਮੰਗ ਰਹੇ ਹਾਂ।