ਕੇਂਦਰ ਸਰਕਾਰ ਨੇ ਗੋਲਡੀ ਬਰਾੜ ਨੂੰ UAPA ਤਹਿਤ ਐਲਾਨਿਆ ਅੱਤਵਾਦੀ

 ਕੇਂਦਰ ਸਰਕਾਰ ਨੇ ਸੋਮਵਾਰ (1 ਜਨਵਰੀ) ਨੂੰ ਗੈਰਕਾਨੂੰਨੀ ਗਤੀਵਿਧੀਆਂ (ਰੋਕੂ) ਐਕਟ (UAPA) ਤਹਿਤ ਗੈਂਗਸਟਰ ਗੋਲਡੀ ਬਰਾੜ ਨੂੰ ਅੱਤਵਾਦੀ ਘੋਸ਼ਿਤ ਕੀਤਾ ਹੈ। ਗ੍ਰਹਿ ਮੰਤਰਾਲੇ ਵੱਲੋਂ ਜਾਰੀ ਨੋਟਿਸ ਵਿੱਚ ਕਿਹਾ ਗਿਆ ਹੈ ਕਿ ਗੋਲਡੀ ਬਰਾੜ ਪਾਬੰਦੀਸ਼ੁਦਾ ਖਾਲਿਸਤਾਨੀ ਸੰਗਠਨ ਬੱਬਰ ਖਾਲਸਾ ਇੰਟਰਨੈਸ਼ਨਲ ਨਾਲ ਜੁੜਿਆ ਹੋਇਆ ਹੈ।

ਗ੍ਰਹਿ ਮੰਤਰਾਲੇ ਨੇ ਕਿਹਾ ਕਿ ਗੋਲਡੀ ਬਰਾੜ ਨੂੰ ਸਰਹੱਦ ਪਾਰ ਸਥਿਤ ਅੱਤਵਾਦੀ ਏਜੰਸੀਆਂ ਦਾ ਸਮਰਥਨ ਮਿਲਦਾ ਹੈ ਅਤੇ ਉਹ ਕਈ ਕਤਲਾਂ ਵਿਚ ਸ਼ਾਮਲ ਰਿਹਾ ਹੈ। ਨੋਟਿਸ ਵਿੱਚ ਕਿਹਾ ਗਿਆ ਹੈ ਕਿ ਬਰਾੜ ਰਾਸ਼ਟਰਵਾਦੀ ਨੇਤਾਵਾਂ ਨੂੰ ਧਮਕੀ ਭਰੀਆਂ ਕਾਲਾਂ ਕਰਨ, ਫਿਰੌਤੀ ਦੀ ਮੰਗ ਕਰਨ ਅਤੇ ਸੋਸ਼ਲ ਮੀਡੀਆ ਪਲੇਟਫਾਰਮਾਂ ‘ਤੇ ਕਤਲਾਂ ਦੇ ਦਾਅਵਿਆਂ ਦੀ ਪੋਸਟ ਕਰਨ ਵਿੱਚ ਸ਼ਾਮਲ ਹੈ।

ਕੈਨੇਡਾ ਸਥਿਤ ਇਸ ਅੱਤਵਾਦੀ ਨੇ 2022 ਵਿੱਚ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦੀ ਜ਼ਿੰਮੇਵਾਰੀ ਵੀ ਲਈ ਸੀ। ਜ਼ਿਕਰਯੋਗ ਹੈ ਕਿ ਮੂਸੇਵਾਲਾ ਦੀ 29 ਮਈ 2022 ਵਿੱਚ ਮਾਨਸਾ ਵਿੱਚ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ।  ਸਿੱਧੂ ਮੂਸੇਵਾਲਾ ਦੇ ਕਤਲ ਤੋਂ ਕੁਝ ਦਿਨ ਬਾਅਦ ਇੰਟਰਪੋਲ ਨੇ ਜੂਨ 2022 ਵਿੱਚ ਗੋਲਡੀ ਬਰਾੜ ਦੀ ਹਵਾਲਗੀ ਲਈ ਇੱਕ ਰੈੱਡ ਕਾਰਨਰ ਨੋਟਿਸ (ਆਰਸੀਐਨ) ਜਾਰੀ ਕੀਤਾ ਸੀ।

ਹਥਿਆਰਾਂ ਦੀ ਤਸਕਰੀ ‘ਚ ਸ਼ਾਮਲ ਸੀ ਗੋਲਡੀ ਬਰਾੜ

ਗ੍ਰਹਿ ਮੰਤਰਾਲੇ ਨੇ ਕਿਹਾ ਕਿ ਗੋਲਡੀ ਬਰਾੜ ਸਰਹੱਦ ਪਾਰ ਤੋਂ ਡਰੋਨ ਰਾਹੀਂ ਆਧੁਨਿਕ ਹਥਿਆਰਾਂ, ਗੋਲਾ ਬਾਰੂਦ ਅਤੇ ਵਿਸਫੋਟਕ ਸਮੱਗਰੀ ਦੀ ਤਸਕਰੀ ਵਿੱਚ ਸ਼ਾਮਲ ਸੀ। ਉਹ ਇਹ ਹਥਿਆਰ ਸ਼ਾਰਪ ਸ਼ੂਟਰਾਂ ਨੂੰ ਕਤਲ ਕਰਨ ਲਈ ਸਪਲਾਈ ਕਰਦਾ ਸੀ।

‘ਦੇਸ਼ ਵਿਰੋਧੀ ਗਤੀਵਿਧੀਆਂ ਲਈ ਰਚੀ ਸਾਜ਼ਿਸ਼’

ਮੰਤਰਾਲੇ ਨੇ ਕਿਹਾ ਕਿ ਉਹ ਅਤੇ ਉਸ ਦੇ ਸਾਥੀ ਪੰਜਾਬ ਵਿੱਚ ਭੰਨਤੋੜ ਕਰਨ, ਅੱਤਵਾਦੀ ਮਾਡਿਊਲ ਸਥਾਪਤ ਕਰਨ, ਨਿਸ਼ਾਨਾ ਕਤਲ ਕਰਨ ਅਤੇ ਅਸ਼ਾਂਤੀ, ਫਿਰਕੂ ਸਦਭਾਵਨਾ, ਕਾਨੂੰਨ ਵਿਵਸਥਾ ਅਤੇ ਦੇਸ਼ ਵਿਰੋਧੀ ਗਤੀਵਿਧੀਆਂ ਨੂੰ ਅੰਜਾਮ ਦੇਣ ਦੀ ਸਾਜ਼ਿਸ਼ ਰਚਣ ਵਿੱਚ ਸ਼ਾਮਲ ਸਨ।

Leave a Reply

Your email address will not be published. Required fields are marked *