ਗੁਰਪੁਰਬ ‘ਤੇ ਸ਼ੁਰੂ ਹੋਵੇਗੀ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’, ਇਨ੍ਹਾਂ ਧਾਰਮਿਕ ਸਥਾਨਾਂ ਦੀ ਕਰ ਸਕੋਗੇ ਯਾਤਰਾ
ਪੰਜਾਬ ਕੈਬਨਿਟ ਨੇ ਸੋਮਵਾਰ ਨੂੰ ਹੋਈ ਮੀਟਿੰਗ ‘ਚ 27 ਨਵੰਬਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਸ਼ੁਰੂ ਕਰਨ ਲਈ ਹਰੀ ਝੰਡੀ ਦੇ ਦਿੱਤੀ ਹੈ। ਇਸ ਤਹਿਤ ਦੇਸ਼ ਭਰ ਵਿੱਚ ਵੱਖ-ਵੱਖ ਤੀਰਥ ਅਸਥਾਨਾਂ ਦੇ ਦਰਸ਼ਨਾਂ ਲਈ ਜਾਣ ਵਾਸਤੇ ਸੂਬਾ ਵਾਸੀਆਂ ਨੂੰ ਸਫ਼ਰ ਦੀ ਸਹੂਲਤ ਮੁਫ਼ਤ ਮਿਲੇਗੀ।
ਹਰੇਕ ਵਿਅਕਤੀ ਦੀ ਪਾਵਨ ਅਸਥਾਨ ਸ੍ਰੀ ਹਜ਼ੂਰ ਸਾਹਿਬ (ਨਾਂਦੇੜ), ਸ੍ਰੀ ਪਟਨਾ ਸਾਹਿਬ (ਬਿਹਾਰ), ਵਾਰਾਨਸੀ ਮੰਦਿਰ, ਅਯੁੱਧਿਆ ਅਤੇ ਵਰਿੰਦਾਵਨ ਧਾਮ (ਉੱਤਰ ਪ੍ਰਦੇਸ਼), ਸ੍ਰੀ ਅਜਮੇਰ ਸ਼ਰੀਫ਼ (ਰਾਜਸਥਾਨ) ਤੋਂ ਇਲਾਵਾ ਸ੍ਰੀ ਅਨੰਦਪੁਰ ਸਾਹਿਬ, ਸ੍ਰੀ ਅੰਮ੍ਰਿਤਸਰ ਸਾਹਿਬ, ਸਾਲਾਸਰ ਧਾਮ, ਮਾਤਾ ਚਿੰਤਪੁਰਨੀ, ਮਾਤਾ ਵੈਸ਼ਨੂੰ ਦੇਵੀ, ਮਾਤਾ ਜਵਾਲਾ ਜੀ ਵਰਗੇ ਅਸਥਾਨਾਂ ਦੀ ਯਾਤਰਾ ਕਰਨ ਦੀ ਇੱਛਾ ਹੁੰਦੀ ਹੈ। ਯਾਤਰਾ ਉਤੇ ਜਾਣ ਲਈ ਦੋ ਤਰ੍ਹਾਂ ਦੇ ਸਾਧਨ ਹੋਣਗੇ। ਲੰਬੀ ਦੂਰੀ ਦੇ ਧਾਰਮਿਕ ਸਥਾਨਾਂ ਲਈ ਯਾਤਰਾ ਦਾ ਸਾਧਨ ਰੇਲ ਗੱਡੀ ਅਤੇ ਘੱਟ ਦੂਰੀ ਲਈ ਯਾਤਰਾ ਦਾ ਸਾਧਨ ਸੜਕ ਰਸਤੇ ਬੱਸਾਂ ਰਾਹੀਂ ਹੋਵੇਗਾ।