ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਦੀ ਯਾਦ ‘ਚ 28 ਦਸੰਬਰ ਨੂੰ ਹਰੇਕ ਸਿੱਖ ਦਸ ਮਿੰਟ ਮੂਲ-ਮੰਤਰ ਤੇ ਗੁਰ-ਮੰਤਰ ਦਾ ਜਾਪ ਕਰੇ – ਗਿਆਨੀ ਰਘਬੀਰ ਸਿੰਘ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਸਰਬੰਸਦਾਨੀ, ਸਾਹਿਬ-ਏ-ਕਮਾਲਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ ਜੀ, ਬਾਬਾ ਫਤਹਿ ਸਿੰਘ ਜੀ ਅਤੇ ਮਾਤਾ ਗੁਜਰ ਕੌਰ ਜੀ ਦੀ ਲਾਸਾਨੀ ਅਤੇ ਮਹਾਨ ਸ਼ਹਾਦਤ ਨੂੰ ਸੱਚੀ-ਸੁੱਚੀ ਸ਼ਰਧਾਂਜਲੀ ਭੇਟ ਕਰਨ ਲਈ ਹਰੇਕ ਗੁਰੂ ਨਾਨਕ ਨਾਮ ਲੇਵਾ ਸਿੱਖ ਨੂੰ 28 ਦਸੰਬਰ ਨੂੰ ਸਵੇਰੇ 10 ਵਜੇ ਤੋਂ ਲੈ ਕੇ ਦਸ ਮਿੰਟ ਲਈ ਮੂਲ-ਮੰਤਰ ਅਤੇ ਗੁਰ-ਮੰਤਰ ਦਾ ਜਾਪ ਕਰਨ ਦਾ ਸੰਦੇਸ਼ ਦਿੱਤਾ ਹੈ।

ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਤੋਂ ਮੀਡੀਆ ਰਾਹੀਂ ਜਾਰੀ ਕੀਤੇ ਸੰਦੇਸ਼ ਵਿਚ ਗਿਆਨੀ ਰਘਬੀਰ ਸਿੰਘ ਨੇ ਆਖਿਆ ਕਿ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰ ਕੌਰ ਜੀ ਦੀ ਲਾਸਾਨੀ ਸ਼ਹਾਦਤ ਸੰਸਾਰ ਭਰ ਉੱਤੇ ਸੱਚ ਅਤੇ ਧਰਮ ਦਾ ਪਰਚਮ ਉੱਚਾ ਰੱਖਣ ਅਤੇ ਹਰੇਕ ਪ੍ਰਾਣੀ ਨੂੰ ਆਪਣੀ ਜ਼ਮੀਰ ਦੀ ਆਜ਼ਾਦੀ ਮੁਤਾਬਕ ਜੀਣ ਦਾ ਅਧਿਕਾਰ ਦੇਣ ਲਈ ਹੋਈ ਸੀ।

ਉਨ੍ਹਾਂ ਕਿਹਾ ਕਿ ਰਹਿੰਦੀ ਦੁਨੀਆ ਤੱਕ ਮਨੁੱਖੀ ਆਜ਼ਾਦੀ ਲਈ ਇਹ ਮਹਾਨ ਸ਼ਹਾਦਤਾਂ ਚਾਨਣ ਮੁਨਾਰਾ ਰਹਿਣਗੀਆਂ ਅਤੇ ਜਬਰ-ਜ਼ੁਲਮ ਦੇ ਖ਼ਿਲਾਫ਼ ਜੂਝਣ ਲਈ ਦੱਬੀ-ਕੁਚਲੀ ਹੋਈ ਮਾਨਵਤਾ ਦੇ ਅੰਦਰ ਵੀ ਬੀਰ-ਰਸ, ਜੋਸ਼ ਅਤੇ ਚੜ੍ਹਦੀਕਲਾ ਦਾ ਜਜ਼ਬਾ ਪੈਦਾ ਕਰਦੀਆਂ ਰਹਿਣਗੀਆਂ। 13 ਪੋਹ ਸੰਮਤ ਨਾਨਕਸ਼ਾਹੀ 555, ਮੁਤਾਬਿਕ 28 ਦਸੰਬਰ 2023 ਨੂੰ ਸੰਸਾਰ ਭਰ ਵਿਚ ਵੱਸਦੀਆਂ ਗੁਰੂ ਨਾਨਕ ਨਾਮ ਲੇਵਾ ਸਿੱਖ ਸੰਗਤਾਂ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰ ਕੌਰ ਜੀ ਦੀ ਲਾਸਾਨੀ ਕੁਰਬਾਨੀ ਨੂੰ ਸ਼ਰਧਾ-ਸਤਿਕਾਰ ਭੇਟ ਕਰਨ ਲਈ ਸਵੇਰੇ 10 ਵਜੇ ਤੋਂ ਲੈ ਕੇ ਦਸ ਮਿੰਟ ਮੂਲ-ਮੰਤਰ ਅਤੇ ਗੁਰ-ਮੰਤਰ ਦਾ ਜਾਪ ਕਰਨ।

Leave a Reply

Your email address will not be published. Required fields are marked *