ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼ ਨੂੰ ਅਦਾਲਤ ਤੋਂ ਰਾਹਤ ਮਿਲੀ
ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼ ਨੂੰ ਅਦਾਲਤ ਤੋਂ ਰਾਹਤ ਮਿਲੀ ਹੈ। ਇਕ ਜਵਾਬਦੇਹੀ ਅਦਾਲਤ ਨੇ ਅਧਿਕਾਰੀਆਂ ਨੂੰ ਨਵਾਜ਼ ਦੀਆਂ ਸਾਰੀਆਂ ਚੱਲ ਤੇ ਅਚੱਲ ਜਾਇਦਾਦਾਂ ਵਾਪਸ ਕਰਨ ਦਾ ਨਿਰਦੇਸ਼ ਦਿੱਤਾ ਹੈ। ਸਾਬਕਾ ਪ੍ਰਧਾਨ ਮੰਤਰੀ ਦੀਆਂ ਇਹ ਜਾਇਦਾਦਾਂ 2020 ’ਚ ਭ੍ਰਿਸ਼ਟਾਚਾਰ ਨਾਲ ਜੁੜੇ ਤੋਸ਼ਾਖਾਨਾ ਮਾਮਲੇ ’ਚ ਜ਼ਬਤ ਕੀਤੀਆਂ ਗਈਆਂ ਸਨ। ਦੇਸ਼ ਦੇ ਤਿੰਨ ਵਾਰੀ ਪ੍ਰਧਾਨ ਮੰਤਰੀ ਰਹੇ ਨਵਾਜ਼ 21 ਅਕਤੂਬਰ ਨੂੰ ਸਵੈ-ਜਲਾਵਤਨੀ ਦੇ ਚਾਰ ਸਾਲਾਂ ਬਾਅਦ ਲੰਡਨ ਤੋਂ ਵਾਪਸ ਪਰਤੇ ਸਨ।
ਐਕਸਪ੍ਰੈੱਸ ਟ੍ਰਿਬਿਊਨ ਅਖ਼ਬਾਰ ਮੁਤਾਬਕ, ਇਸਲਾਮਾਬਾਦ ਦੀ ਜਵਾਬਦੇਹੀ ਅਦਾਲਤ ਦੇ ਜੱਜ ਮੁਹੰਮਦ ਬਸ਼ੀਰ ਨੇ ਸ਼ੁੱਕਰਵਾਰ ਨੂੰ 73 ਸਾਲਾ ਨਵਾਜ਼ ਸ਼ਰੀਫ਼ ਖ਼ਿਲਾਫ਼ ਤੋਸ਼ਾਖਾਨਾ ਮਾਮਲੇ ਦੀ ਸੁਣਵਾਈ ਕੀਤੀ ਤੇ ਉਨ੍ਹਾਂ ਦੀਆਂ ਜਾਇਦਾਦਾਂ ਰਿਲੀਜ਼ ਕਰਨ ਦਾ ਨਿਰਦੇਸ਼ ਦਿੱਤਾ। ਕੋਰਟ ਨੂੰ ਨਵਾਜ਼ ਦੇ ਵਕੀਲ ਨੇ ਕਿਹਾ ਕਿ ਹਾਈ ਕੋਰਟ ਦੀ ਇਜਾਜ਼ਤ ’ਤੇ ਉਨ੍ਹਾਂ ਦੇ ਮੁਵੱਕਿਲ ਇਲਾਜ ਲਈ ਵਿਦੇਸ਼ ਗਏ ਸਨ। ਦੱਸਣਯੋਗ ਹੈ ਕਿ 2020 ’ਚ ਇਸਲਾਮਾਬਾਦ ਹਾਈ ਕੋਰਟ ਨੇ ਇਸੇ ਮਾਮਲੇ ’ਚ ਨਵਾਜ਼ ਨੂੰ ਭਗੌੜਾ ਐਲਾਨਿਆ ਸੀ। ਇਸ ਤੋਂ ਬਾਅਦ ਇਕ ਜਵਾਬਦੇਹੀ ਅਦਾਲਤ ਨੇ ਉਨ੍ਹਾਂ ਦੀਆਂ ਜਾਇਦਾਦਾਂ ਨੂੰ ਜ਼ਬਤ ਕਰਨ ਦਾ ਨਿਰਦੇਸ਼ ਦਿੱਤਾ ਸੀ।