ਪੁੱਤ ਦੀ ਗ੍ਰਿਫ਼ਤਾਰੀ ਤੋਂ ਬਾਅਦ ਅੰਮ੍ਰਿਤਪਾਲ ਸਿੰਘ ਦੇ ਪਿਤਾ ਦਾ ਆਇਆ ਸਾਹਮਣੇ ਬਿਆਨ

ਖਡੂਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਅੰਮ੍ਰਿਤਪਾਲ ਸਿੰਘ ਦੇ ਭਰਾ ਹਰਪ੍ਰੀਤ ਸਿੰਘ ਨੂੰ ਆਈਸ ਡਰੱਗ ਸਮੇਤ ਗ੍ਰਿਫ਼ਤਾਰ ਕੀਤੇ ਜਾਣ ਤੋਂ ਬਾਅਦ ਪਰਿਵਾਰ ਦਾ ਬਿਆਨ ਸਾਹਮਣੇ ਆਇਆ ਹੈ। ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਇਸ ਸਾਜ਼ਿਸ਼ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਹਰਪ੍ਰੀਤ ਕੱਲ੍ਹ ਦੁਪਹਿਰ 12 ਵਜੇ ਦੇ ਕਰੀਬ ਰਈਆ ਲਈ ਰਵਾਨਾ ਹੋਇਆ ਸੀ। ਬਾਘਾਪੁਰਾਣਾ ਵਿਚ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਇਕ ਮਾਰਚ ਕੱਢਿਆ ਜਾਣਾ ਸੀ ਜਿਸ ਵਿਚ ਹਰਪ੍ਰੀਤ ਸਿੰਘ ਨੇ ਹਿੱਸਾ ਲੈਣਾ ਸੀ, ਸ਼ਾਇਦ ਉਹ ਕਿਸੇ ਆਪਣੇ ਸੰਗੀ ਸਾਥੀ ਨੂੰ ਇੱਧਰ ਉੱਧਰ ਕਹਿਣ ਲਈ ਗਿਆ ਸੀ। ਉਨ੍ਹਾਂ ਕਿਹਾ ਕਿ ਸਾਡੇ ਪਰਿਵਾਰ ਦੀ ਕਿਰਦਾਰਕੁਸ਼ੀ ਕਰਨ ਲਈ ਇਹ ਕੁਝ ਕੀਤਾ ਜਾ ਰਿਹਾ ਹੈ। ਅੰਮ੍ਰਿਤਪਾਲ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। 

ਉਨ੍ਹਾਂ ਕਿਹਾ ਕਿ ਲੋਕ ਸਭਾ ਚੋਣਾਂ ਵਿਚ ਅੰਮ੍ਰਿਤਪਾਲ ਅਤੇ ਸਰਬਜੀਤ ਦੀ ਜਿੱਤ ਪੰਜਾਬ ਵਿਰੋਧੀ ਸ਼ਕਤੀਆਂ ਤੋਂ ਬਰਦਾਸ਼ਤ ਨਹੀਂ ਹੋ ਰਹੀ, ਇਸ ਲਈ ਕਿਸੇ ਵੀ ਤਰੀਕੇ ਨਾਲ ਉਨ੍ਹਾਂ ਨੂੰ ਬਦਨਾਮ ਕਰਕੇ ਇਹੋ ਜਿਹੇ ਹਾਲਾਤ ਪੈਦਾ ਕੀਤੇ ਜਾ ਰਹੇ ਹਨ ਕਿ ਲੋਕ ਉਨ੍ਹਾਂ ਦੇ ਖ਼ਿਲਾਫ਼ ਹੋ ਜਾਣ। ਉਨ੍ਹਾਂ ਕਿਹਾ ਕਿ ਅੰਮ੍ਰਿਤਪਾਲ ਨੂੰ ਬਦਨਾਮ ਕਰਨ ਅਤੇ ਬਾਹਰ ਨਾ ਆਉਣ ਦੇਣ ਲਈ ਹੀ ਸਾਜ਼ਿਸ਼ਾਂ ਰਚੀਆਂ ਜਾ ਰਹੀਆਂ ਹਨ। ਲੋਕਾਂ ਨੂੰ ਨਸ਼ਿਆਂ ਤੋਂ ਬਚਾਉਣ ਵਾਲਿਆਂ ਵਿਰੁੱਧ ਹੀ ਨਸ਼ਿਆਂ ਦੇ ਕੇਸ ਦਰਜ ਕਰਨਾ ਨਿੰਦਣਯੋਗ ਕਾਰਵਾਈ ਹੈ। ਤਰਸੇਮ ਸਿੰਘ ਨੇ ਕਿਹਾ ਕਿ ਹੁਣ ਲੋਕ ਜਾਗਰੂਕ ਹੋ ਚੁੱਕੇ ਹਨ ਅਤੇ ਉਹ ਸਭ ਜਾਣਦੇ ਹਨ ਕਿ ਸਰਕਾਰਾਂ ਕਿਸੇ ਨੂੰ ਬਦਨਾਮ ਕਰਨ ਲਈ ਕਿਸ ਹੱਦ ਤੱਕ ਡਿੱਗ ਸਕਦੀਆਂ ਹਨ। ਉਨ੍ਹਾਂ ਕਿਹਾ ਕਿ ਰਾਜਸਥਾਨ ਵਿਚ ਵੀ ਤਜਿੰਦਰ ਸਿੰਘ ਟਿੰਮਾ ਖ਼ਿਲਾਫ਼ ਦੇਸ਼ਧ੍ਰੋਹ ਦਾ ਕੇਸ ਦਰਜ ਕਰਨਾ ਸਿੱਖਾਂ ਨੂੰ ਬਦਨਾਮ ਕਰਨ ਦੀ ਸਾਜ਼ਿਸ਼ ਹੈ।

Leave a Reply

Your email address will not be published. Required fields are marked *