ਮਰਹੂਮ ਪ੍ਰਕਾਸ਼ ਸਿੰਘ ਬਾਦਲ ਦੇ ਜਨਮ ਦਿਨ ਨੂੰ ਸਦਭਾਵਨਾ ਦਿਵਸ ਵਜੋਂ ਮਨਾਵਾਂਗੇ : ਗੁਰਸੇਵਕ ਸਿੰਘ ਸ਼ੇਖ
ਯੂਥ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਅਤੇ ਸਾਬਕਾ ਚੇਅਰਮੈਨ ਗੁਰਸੇਵਕ ਸਿੰਘ ਸ਼ੇਖ ਨੇ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਪੰਜ ਵਾਰ ਪੰਜਾਬ ਦੇ ਮੁੱਖ ਮੰਤਰੀ ਰਹੇ ਮਰਹੂਮ ਪ੍ਰਕਾਸ਼ ਸਿੰਘ ਬਾਦਲ ਦੇ ਜਨਮ ਦਿਨ ਨੂੰ ਸਦਭਾਵਨਾ ਦਿਵਸ ਵਜੋਂ ਮਨਾਉਣ ਦੀ ਡਿਊਟੀ ਲਾਈ ਗਈ ਹੈ। ਇਸ ਦਿਨ ਜਿੱਥੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕਰਵਾ ਕੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਜਾਵੇਗੀ। ਉੱਥੇ ਹੀ ਹਲਕਾ ਪੱਧਰ ‘ਤੇ ਖ਼ੂਨਦਾਨ ਕੈਂਪ ਵੀ ਲਾਏ ਜਾਣਗੇ।
ਇਸ ਮੌਕੇ ਸੁਖਬੀਰ ਸਿੰਘ ਬਾਦਲ ਨਾਲ ਕੀਤੀ ਮੁਲਾਕਾਤ ਸਬੰਧੀ ਜਾਣਕਾਰੀ ਦਿੰਦਿਆਂ ਗੁਰਸੇਵਕ ਸਿੰਘ ਸ਼ੇਖ ਨੇ ਕਿਹਾ ਕਿ ਪਾਰਟੀ ਪ੍ਰਧਾਨ ਵੱਲੋਂ ਦਿੱਤੀ ਗਈ ਇਸ ਜ਼ਿੰਮੇਵਾਰੀ ਨੂੰ ਖਡੂਰ ਸਾਹਿਬ ਹਲਕੇ ਹੀ ਨਹੀਂ, ਬਲਕਿ ਸਮੁੱਚੇ ਜ਼ਿਲ੍ਹੇ ਵਿਚ ਸ਼ੋ੍ਮਣੀ ਅਕਾਲੀ ਦਲ ਦੇ ਆਗੂਆਂ ਵੱਲੋਂ ਨਿਭਾਇਆ ਜਾਵੇਗਾ।
ਉਨ੍ਹਾਂ ਕਿਹਾ ਕਿ ਮਰਹੂਮ ਪ੍ਰਕਾਸ਼ ਸਿੰਘ ਬਾਦਲ ਵੱਲੋਂ ਮੁੱਖ ਮੰਤਰੀ ਹੁੰਦਿਆਂ ਪੰਜਾਬ ਦਾ ਜੋ ਵਿਕਾਸ ਅਤੇ ਹਰ ਵਰਗ ਲਈ ਸਹੂਲਤਾਂ ਦਿੱਤੀਆਂ ਗਈਆਂ ਸਨ, ਉਸ ਨੂੰ ਅੱਜ ਵੀ ਪੰਜਾਬ ਵਾਸੀ ਯਾਦ ਕਰਦੇ ਹਨ। ਹੁਣ ਉਨ੍ਹਾਂ ਦੇ ਜਨਮ ਦਿਨ ‘ਤੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਸਦਭਾਵਨਾ ਦਿਵਸ ਦੇ ਰੂਪ ਵਿਚ ਮਨਾਉਣ ਦੇ ਨਾਲ-ਨਾਲ ਖ਼ੂਨਦਾਨ ਕੈਂਪ ਲਾਉਣ ਲਈ ਕਿਹਾ ਗਿਆ ਹੈ ਅਤੇ ਹਰ ਹਲਕੇ ਵਿਚ 300 ਯੂਨਿਟ ਖੂਨ ਵਰਕਰਾਂ ਵੱਲੋਂ ਇਕੱਤਰ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਮੁੱਚੇ ਵਰਕਰ ਤੇ ਆਗੂ ਇਸ ਦਿਨ ਨੂੰ ਪੂਰੀ ਜ਼ਿੰਮੇਵਾਰੀ ਨਾਲ ਮਨਾਉਣ ਲਈ ਉਤਸ਼ਾਹਿਤ ਹਨ।