ਮੁੱਖ ਮੰਤਰੀ ਭਗਵੰਤ ਮਾਨ ਪੁੱਜੇ ਜਲੰਧਰ, ਉਮੀਦਵਾਰ ਸੁਸ਼ੀਲ ਰਿੰਕੂ ਨੂੰ ਬੁਲਾ ਕੇ ਕੀਤੀ ਮੁਲਾਕਾਤ
ਪਿਛਲੇ ਦਿਨੀਂ ਆਮ ਆਦਮੀ ਪਾਰਟੀ ਦੇ ਜਲੰਧਰ ਤੋਂ ਐਲਾਨੇ ਗਏ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਦੇ ਸੋਸ਼ਲ ਮੀਡੀਆ ’ਤੇ ਨਵੀਂ ਪਾਰੀ ਸ਼ੁਰੂ ਕਰਨ ਦੀ ਵੀਡੀਓ ਨਾਲ ਭਾਜਪਾ ’ਚ ਸ਼ਾਮਲ ਹੋਣ ਦੇ ਗਰਮ ਹੋਏ ਚਰਚਾਵਾਂ ਦੇ ਬਾਜ਼ਾਰ ਤੋਂ ਬਾਅਦ ਅੱਜ ਦੁਪਹਿਰੇ ਮੁੱਖ ਮੰਤਰੀ ਭਗਵੰਤ ਮਾਨ ਜਲੰਧਰ ਦੇ ਨਿੱਜੀ ਹੋਟਲ ਪੁੱਜੇ। ਉਨ੍ਹਾਂ ਨੇ ਸੁਸ਼ੀਲ ਕੁਮਾਰ ਰਿੰਕੂ ਨੂੰ ਬੁਲਾ ਕੇ ਉਨ੍ਹਾਂ ਨਾਲ ਮੁਲਾਕਾਤ ਕੀਤੀ। ਦੋਵਾਂ ਵਿਚਾਲੇ ਕੀ ਗੱਲਬਾਤ ਹੋਈ, ਇਸ ਬਾਰੇ ਤਾਂ ਮੀਡੀਆ ਨੂੰ ਕੁਝ ਵੀ ਪਤਾ ਨਹੀਂ ਲੱਗ ਸਕਿਆ ਪਰ ਪਾਰਟੀ ਉਮੀਦਵਾਰ ਸੁਸ਼ੀਲ ਰਿੰਕੂ ਨੇ ਜਾਰੀ ਪ੍ਰੈੱਸ ਬਿਆਨ ’ਚ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕਰਨ ਅਤੇ ਜਲੰਧਰ ਲੋਕ ਸਭਾ ਸੀਟ ਦੀਆਂ ਆਗਾਮੀ ਚੋਣਾਂ ਦੀਆਂ ਤਿਆਰੀਆਂ ਬਾਰੇ ਚਰਚਾ ਕੀਤੇ ਜਾਣ ਦੀ ਗੱਲ ਕਹੀ ਹੈ। ਓਧਰ ਪਾਰਟੀ ਦੇ ਅੰਦਰੂਨੀ ਸੂਤਰਾਂ ਮੁਤਾਬਕ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਜਲੰਧਰ ਦੌਰੇ ਦੌਰਾਨ ਜਿੱਥੇ ਸੁਸ਼ੀਲ ਰਿੰਕੂ ਨਾਲ ਵਿਸ਼ੇਸ਼ ਮੁਲਾਕਾਤ ਕੀਤੀ ਹੈ, ਉਥੇ ਹੀ ਇਥੋਂ ਐੱਮਪੀ ਦੀ ਚੋਣ ਲੜ ਚੁੱਕੇ ਕਿਸੇ ਹੋਰ ਸਿਆਸੀ ਪਾਰਟੀ ਦੇ ਆਗੂ ਨੂੰ ਪਾਰਟੀ ’ਚ ਸ਼ਾਮਲ ਕੀਤਾ ਜਾ ਸਕਦਾ ਹੈ। ਸ਼ਾਮਲ ਕੀਤਾ ਜਾਣ ਵਾਲਾ ਆਗੂ ਕਿਹੜੀ ਪਾਰਟੀ ਦਾ ਹੈ, ਇਸ ਬਾਰੇ ਕਿਸੇ ਨੂੰ ਵੀ ਕੋਈ ਜਾਣਕਾਰੀ ਨਹੀਂ ਕਿਉਂਕਿ ਸੁਸ਼ੀਲ ਰਿੰਕੂ ਤੋਂ ਇਲਾਵਾ ਮੁੱਖ ਮੰਤਰੀ ਨੇ ਕਿਸੇ ਵੀ ਵਿਧਾਇਕ ਜਾਂ ਲੀਡਰ ਨਾਲ ਮੁਲਾਕਾਤ ਨਹੀਂ ਕੀਤੀ। ਸੂਤਰਾਂ ਦਾ ਕਹਿਣਾ ਹੈ ਕਿ ਉਕਤ ਆਗੂ ਨੂੰ ਦੇਰ ਰਾਤ ਵੀ ਪਾਰਟੀ ’ਚ ਸ਼ਾਮਲ ਕੀਤੇ ਜਾਣ ਦੀਆ ਕਨਸੋਆ ਚੱਲ ਰਹੀਆ ਹਨ।
ਸੁਸ਼ੀਲ ਰਿੰਕੂ ਨੇ ਜਲੰਧਰ ਲੋਕ ਸਭਾ ਸੀਟ ’ਤੇ ਇਕ ਵਾਰ ਫਿਰ ਜਿੱਤ ਦਾ ਭਰੋਸਾ ਦਿੱਤਾ
ਸੁਸ਼ੀਲ ਰਿੰਕੂ ਨੇ ਜਾਰੀ ਬਿਆਨ ’ਚ ਕਿਹਾ ਹੈ ਕਿ ਉਨ੍ਹਾਂ ਨੇ ਮੁੱਖ ਮੰਤਰੀ ਨੂੰ ਭਰੋਸਾ ਦਿੱਤਾ ਕਿ ਪਿਛਲੀ ਵਾਰ ਦੀ ਤਰ੍ਹਾਂ ਇਸ ਵਾਰ ਵੀ ਆਮ ਆਦਮੀ ਪਾਰਟੀ ਲੋਕ ਸਭਾ ਸੀਟ ਵੱਡੇ ਫਰਕ ਨਾਲ ਜਿੱਤੇਗੀ। ਰਿੰਕੂ ਨੇ ਕਿਹਾ ਕਿ ਜੋ ਕੁਝ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਆਪਣੇ ਦੋ ਸਾਲਾਂ ਦੇ ਕਾਰਜਕਾਲ ਦੌਰਾਨ ਪੰਜਾਬ ਵਿਚ ਕੀਤਾ ਹੈ, ਉਹ ਹੋਰ ਸਿਆਸੀ ਪਾਰਟੀਆਂ ਪਿਛਲੇ 70 ਸਾਲਾਂ ਵਿਚ ਨਹੀਂ ਕਰ ਸਕੀਆਂ। ਰਿੰਕੂ ਨੇ ਮੁੱਖ ਮੰਤਰੀ ਨਾਲ ਜਲੰਧਰ ਸੀਟ ਸਬੰਧੀ ਆਪਣੀਆਂ ਤਿਆਰੀਆਂ ਸਾਂਝੀਆਂ ਕਰਦਿਆਂ ਕਿਹਾ ਕਿ ਜਲੰਧਰ ਦੇ ਲੋਕ ਇਸ ਸੀਟ ’ਤੇ ਇਕ ਵਾਰ ਫਿਰ ਤੋਂ ਆਮ ਆਦਮੀ ਪਾਰਟੀ ਨੂੰ ਭਾਰੀ ਵੋਟਾਂ ਨਾਲ ਜਿਤਾਉਣ ਲਈ ਤਿਆਰ ਹਨ।