ਮੋਦੀ ਸਰਨੇਮ ਕੇਸ ‘ਚ ਰਾਹੁਲ ਦੇ ਸਿਆਸੀ ਭਵਿੱਖ ‘ਤੇ ਅੱਜ ਹੋਵੇਗਾ ਫੈਸਲਾ

ਗੁਜਰਾਤ ਦੇ ਸੂਰਤ ਸ਼ਹਿਰ ਦੀ ਇੱਕ ਸੈਸ਼ਨ ਅਦਾਲਤ ਵੱਲੋਂ ‘ਮੋਦੀ ਸਰਨੇਮ’ ਵਾਲੀ ਟਿੱਪਣੀ ਲਈ ਦਾਇਰ ਮਾਣਹਾਨੀ ਦੇ ਕੇਸ ਵਿੱਚ ਕਾਂਗਰਸ ਆਗੂ ਰਾਹੁਲ ਗਾਂਧੀ ਦੀ ਸਜ਼ਾ ‘ਤੇ ਰੋਕ ਲਾਉਣ ਦੀ ਮੰਗ ਵਾਲੀ ਪਟੀਸ਼ਨ ‘ਤੇ ਅੱਜ ਫੈਸਲਾ ਸੁਣਾਏ ਜਾਣ ਦੀ ਸੰਭਾਵਨਾ ਹੈ। ਇਸ ਮਾਮਲੇ ‘ਚ ਸੂਰਤ ਦੀ ਅਦਾਲਤ ‘ਚ ਸੁਣਵਾਈ ਪੂਰੀ ਹੋ ਚੁੱਕੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਅਦਾਲਤ ਦੁਪਹਿਰ 12.30 ਵਜੇ ਤੱਕ ਫੈਸਲਾ ਸੁਣਾ ਸਕਦੀ ਹੈ। ਇਸ ਮਾਮਲੇ ਵਿੱਚ ਅਦਾਲਤ ਨੇ ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਰਾਹੁਲ ਗਾਂਧੀ ਨੂੰ ਦੋ ਸਾਲ ਦੀ ਸਜ਼ਾ ਸੁਣਾਈ ਹੈ।

ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਵਿਧਾਇਕ ਅਤੇ ਸ਼ਿਕਾਇਤਕਰਤਾ ਪੂਰਨੇਸ਼ ਮੋਦੀ ਨੇ ਇਸੇ ਅਦਾਲਤ ਵਿੱਚ ਪਹਿਲਾਂ ਦਾਇਰ ਕੀਤੇ ਆਪਣੇ ਜਵਾਬ ਵਿੱਚ ਰਾਹੁਲ ਗਾਂਧੀ ਦੀ ਪਟੀਸ਼ਨ ਦਾ ਵਿਰੋਧ ਕਰਦਿਆਂ ਕਿਹਾ ਕਿ ਕਾਂਗਰਸ ਆਗੂ “ਵਾਰ-ਵਾਰ ਅਪਰਾਧ” ਕਰਦੇ ਹਨ ਅਤੇ ਉਸ ਨੂੰ ਅਪਮਾਨਜਨਕ ਬਿਆਨ ਦੇਣ ਦੀ ਆਦਤ ਹੈ।

3 ਅਪ੍ਰੈਲ ਨੂੰ ਰਾਹੁਲ ਗਾਂਧੀ ਨੇ ਸੈਸ਼ਨ ਕੋਰਟ ‘ਚ ਫੈਸਲੇ ਨੂੰ ਚੁਣੌਤੀ ਦਿੰਦੇ ਹੋਏ ਆਪਣੀ ਸਜ਼ਾ ‘ਤੇ ਰੋਕ ਲਗਾਉਣ ਲਈ ਪਟੀਸ਼ਨ ਦਾਇਰ ਕੀਤੀ ਸੀ। ਕਾਨੂੰਨੀ ਮਾਹਿਰਾਂ ਮੁਤਾਬਕ ਜੇਕਰ ਅਦਾਲਤ ਰਾਹੁਲ ਗਾਂਧੀ ਦੇ ਹੱਕ ਵਿੱਚ ਫੈਸਲਾ ਦਿੰਦੀ ਹੈ ਤਾਂ ਉਨ੍ਹਾਂ ਦੀ ਲੋਕ ਸਭਾ ਦੀ ਮੈਂਬਰਸ਼ਿਪ ਬਹਾਲ ਹੋ ਸਕਦੀ ਹੈ। ਰਾਹੁਲ ਗਾਂਧੀ ਦੀ ਤਰਫੋਂ ਸਜ਼ਾ ਰੱਦ ਕਰਨ ਦੀ ਅਪੀਲ ਕੀਤੀ ਗਈ ਹੈ। ਜੇਕਰ ਅਦਾਲਤ ਅਪੀਲ ਨੂੰ ਮਨਜ਼ੂਰ ਕਰ ਦਿੰਦੀ ਹੈ ਤਾਂ ਰਾਹੁਲ ਗਾਂਧੀ ਨੂੰ ਇਸ ਤੋਂ ਰਾਹਤ ਮਿਲ ਸਕਦੀ ਹੈ।

ਇਸ ਮਾਮਲੇ ‘ਚ ਸੁਣਵਾਈ ਦੌਰਾਨ ਪੂਰਨੇਸ਼ ਮੋਦੀ ਦੀ ਤਰਫੋਂ ਕਿਹਾ ਗਿਆ ਕਿ ਰਾਹੁਲ ਗਾਂਧੀ ‘ਤੇ 10 ਤੋਂ ਵੱਧ ਅਪਰਾਧਿਕ ਮਾਣਹਾਨੀ ਦੇ ਮਾਮਲੇ ਚੱਲ ਰਹੇ ਹਨ। ਸੁਪਰੀਮ ਕੋਰਟ ਨੇ ਵੀ ਉਸ ਨੂੰ ਫਟਕਾਰ ਲਗਾਈ ਹੈ। ਮੋਦੀ ਦੇ ਵਕੀਲ ਹਰਸ਼ ਟੋਲੀਆ ਨੇ ਕਿਹਾ ਕਿ ਅਦਾਲਤ ਵੱਲੋਂ ਦੋਸ਼ੀ ਕਰਾਰ ਦਿੱਤੇ ਜਾਣ ਤੋਂ ਬਾਅਦ ਵੀ ਰਾਹੁਲ ਗਾਂਧੀ ਕਹਿ ਰਹੇ ਹਨ ਕਿ ਉਨ੍ਹਾਂ ਨੇ ਕੋਈ ਗਲਤੀ ਨਹੀਂ ਕੀਤੀ। ਅਦਾਲਤ ਤੋਂ ਮਿਲੀ ਸਜ਼ਾ ਕਾਰਨ ਰਾਹੁਲ ਗਾਂਧੀ ਨੂੰ ਅਯੋਗ ਕਰਾਰ ਦਿੱਤਾ ਗਿਆ ਹੈ ਪਰ ਉਹ ਚੋਣ ਅਤੇ ਆਪਣੀ ਜਿੱਤ ਦੀ ਦਲੀਲ ਦੇ ਰਹੇ ਹਨ। ਵਕੀਲ ਨੇ ਕਿਹਾ ਕਿ ਰਾਹੁਲ ਗਾਂਧੀ ਨੂੰ ਸਹੀ ਸਜ਼ਾ ਮਿਲੀ ਹੈ, ਜਦੋਂ ਉਹ ਰੈਲੀ ਨੂੰ ਸੰਬੋਧਨ ਕਰ ਰਹੇ ਸਨ ਤਾਂ ਉਹ ਪੂਰੀ ਤਰ੍ਹਾਂ ਹੋਸ਼ ਵਿੱਚ ਸਨ।

Leave a Reply

Your email address will not be published. Required fields are marked *