ਮੋਰੱਕੋ ’ਚ ਫਸਿਆ ਨੌਜਵਾਨ 10 ਮਹੀਨੇ ਬਾਅਦ ਪੁੱਜਾ ਘਰ, ਟਰੈਵਲ ਏਜੰਟ ਨੇ ਸਪੇਨ ਭੇਜਣ ਦੇ ਨਾਂ ’ਤੇ ਮਾਰੀ ਠੱਗੀ
ਘਰ ਦੀ ਗਰੀਬੀ ਚੁੱਕਣ ਲਈ 22 ਸਾਲਾ ਨੌਜਵਾਨ ਅਰਸ਼ਦੀਪ ਸਿੰਘ ਜੋ ਪਿਛਲੇ 10 ਮਹੀਨਿਆਂ ਤੋਂ ਮੋਰੱਕੋ ’ਚ ਫਸਿਆ ਹੋਇਆ ਸੀ, ਉਸ ਦੀ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਦੇ ਯਤਨਾਂ ਸਦਕਾ ਘਰ ਵਾਪਸੀ ਹੋ ਗਈ ਹੈ। ਮੁਰੀਦਵਾਲ ਦੇ ਰਹਿਣ ਵਾਲੇ ਨਿਰਮਲ ਸਿੰਘ ਨੇ ਆਪਣੇ 12ਵੀਂ ਪਾਸ ਪੁੱਤਰ ਅਰਸ਼ਦੀਪ ਨੂੰ ਸਪੇਨ ਭੇਜਣ ਲਈ ਰਿਸ਼ਤੇਦਾਰਾਂ ਤੇ ਹੋਰ ਸਾਕ ਸਬੰਧੀਆਂ ਕੋਲੋਂ 13 ਲੱਖ ਰੁਪਏ ਇਕੱਠੇ ਕਰਕੇ ਪਿੰਡ ਪੰਮਣਾ ਦੇ ਰਹਿਣ ਵਾਲੇ ਟਰੈਵਲ ਏਜੰਟ ਨੂੰ ਦਿੱਤੇ ਸੀ।
ਅਰਸ਼ਦੀਪ ਨੇ ਦੱਸਿਆ ਕਿ ਉਹ ਜੂਨ 2023 ਨੂੰ ਜੈਪੁਰ ਤੋਂ ਸਪੇਨ ਲਈ ਜਹਾਜ਼ੇ ਚੜਿ੍ਹਆ ਸੀ ਪਰ ਟਰੈਵਲ ਏਜੰਟ ਨੇ ਉਨ੍ਹਾਂ ਨੂੰ ਮੋਰੱਕੋ ’ਚ ਲਿਜਾ ਕੇ ਫਸਾ ਦਿੱਤਾ। ਉਸ ਨੇ ਦੱਸਿਆ ਕਿ ਉਨ੍ਹਾਂ ਕੋਲ ਜਿਹੜੇ ਪੈਸੇ ਸੀ, ਉਹ ਹੋਟਲ ਦੇ ਕਿਰਾਏ ’ਚ ਅਤੇ ਖਾਣੇ ’ਤੇ ਖਰਚੇ ਗਏ। ਉਹ ਆਪਣੇ ਘਰ ਤੋਂ ਹਰ ਹਫਤੇ 15 ਤੋਂ 20 ਹਜ਼ਾਰ ਰੁਪਏ ਮੰਗਵਾ ਕੇ ਉੱਥੇ ਗੁਜ਼ਾਰਾ ਕਰ ਰਿਹਾ ਸੀ ਜਦਕਿ ਟਰੈਵਲ ਏਜੰਟ ਉਨ੍ਹਾਂ ਨੂੰ ਰੋਜ਼ਾਨਾ ਹੀ ਸਪੇਨ ਭੇਜਣ ਦੇ ਲਾਰੇ ਲਾਉਂਦਾ ਰਿਹਾ ਹੈ। ਮੋਰੱਕੋ ’ਚ ਰਹਿਣਾ ਉਨ੍ਹਾਂ ਲਈ ਔਖਾ ਹੋ ਗਿਆ ਸੀ ਤੇ 10 ਮਹੀਨਿਆਂ ਦਾ ਹੋਟਲ ਦਾ ਖਰਚਾ ਹੀ ਉਨ੍ਹਾਂ ਦਾ 7 ਲੱਖ ਦੇ ਕਰੀਬ ਹੋ ਗਿਆ ਸੀ।
ਅਰਸ਼ਦੀਪ ਨੇ ਦੱਸਿਆ ਕਿ ਉਸ ਦੇ ਨਾਲ ਹੋਰ ਮੁੰਡੇ ਵੀ ਸਨ ਜਿਨ੍ਹਾਂ ਫੇਸਬੁੱਕ ਰਾਹੀਂ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨਾਲ ਸੰਪਰਕ ਕੀਤਾ ਤੇ ਉਨ੍ਹਾਂ ਨੂੰ ਆਪਣੀ ਸਾਰੀ ਹੱਡਬੀਤੀ ਸੁਣਾਈ ਜਿਸ ਤੋਂ ਬਾਅਦ ਉਸ ਦੇ ਪਿਤਾ ਨਿਰਮਲ ਸਿੰਘ ਪਿੰਡ ਦੇ ਹੋਰ ਮੋਹਤਬਰ ਬੰਦਿਆਂ ਨੂੰ ਨਾਲ ਲੈ ਕੇ ਨਿਰਮਲ ਕੁਟੀਆ ਵਿਖੇ 19 ਮਾਰਚ ਨੂੰ ਸੰਤ ਸੀਚੇਵਾਲ ਨੂੰ ਮਿਲੇ ਸਨ। ਉਨ੍ਹਾਂ ਵੱਲੋਂ ਉਸੇ ਵੇਲੇ ਵਿਦੇਸ਼ ਮੰਤਰਾਲੇ ਨੂੰ ਪੱਤਰ ਲਿਖ ਕਿ ਸਾਰੀ ਸਥਿਤੀ ਤੋਂ ਜਾਣੂ ਕਰਵਾਇਆ। ਮੋਰੱਕੋ ਵਿਚਲੀ ਭਾਰਤੀ ਅੰਬੈਸੀ ਨੇ ਉਨ੍ਹਾਂ ਨਾਲ ਸੰਪਰਕ ਕਰ ਕੇ ਉਨ੍ਹਾਂ ਦੀ ਘਰ ਵਾਪਸੀ ਯਕੀਨੀ ਬਣਾਈ ਤੇ ਉਹ ਆਪਣੇ ਘਰ 28 ਮਾਰਚ ਨੂੰ ਸਹੀ ਸਲਾਮਤ ਪਹੁੰਚ ਗਏ ਸਨ।
ਪੀੜਤ ਪਰਿਵਾਰ ਨੇ ਸੰਤ ਬਲਬੀਰ ਸਿੰਘ ਸੀਚੇਵਾਲ ਦਾ ਧੰਨਵਾਦ ਕਰਦਿਆ ਕਿਹਾ ਕਿ ਉਨ੍ਹਾਂ ਦੇ ਯਤਨਾਂ ਸਦਕਾ 10 ਹੋਰ ਪੰਜਾਬੀ ਵੀ ਵਾਪਸ ਆਉਣ ’ਚ ਕਾਮਯਾਬ ਰਹੇ। ਅਰਸ਼ਦੀਪ ਨੇ ਇਹ ਦਾਅਵਾ ਕੀਤਾ ਕਿ ਸਪੇਨ ਜਾਣ ਲਈ ਟਰੈਵਲ ਏਜੰਟਾਂ ਦੇ ਭਰਮ ਜਾਲ ’ਚ ਫਸੇ ਭਾਰਤੀ ਨੌਜਵਾਨਾਂ ਦੀ ਗਿਣਤੀ 500 ਦੇ ਕਰੀਬ ਸੀ।
ਇਸ ਮੌਕੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਟਰੈਵਲ ਏਜੰਟਾਂ ਦੀ ਤੁਲਨਾ ਜੱਲਾਦਾਂ ਨਾਲ ਕਰਦਿਆ ਕਿਹਾ ਕਿ ਉਨ੍ਹਾਂ ਨੂੰ ਕਿਸੇ ਦੀ ਗਰੀਬੀ ’ਤੇ ਵੀ ਤਰਸ ਨਹੀ ਆਉਂਦਾ। ਉਨ੍ਹਾਂ ਕਿਹਾ ਕਿ ਅਜਿਹੇ ਟਰੈਵਲ ਏਜੰਟ ਗਰੀਬਾਂ ਦੀ ਮਜ਼ਦੂਰੀ ਦਾ ਫਾਇਦਾ ਚੁੱਕ ਕਿ ਵਿਦੇਸ਼ਾਂ ਦੀ ਚਮਕ-ਦਮਕ ਦਾ ਸੁਬਪਨਾ ਦਿਖਾ ਕੇ ਨੌਜਵਾਨਾਂ ਨੂੰ ਭਰਮਾ ਰਹੇ ਹਨ ਜਿਨ੍ਹਾਂ ਤੋਂ ਬਚਣ ਦੀ ਲੋੜ ਹੈ।
ਸ਼ਾਹਕੋਟ ਤਹਿਸੀਲ ਦੇ ਪਿੰਡ ਮੁਰੀਦਵਾਲ ਦੇ ਰਹਿਣ ਵਾਲੇ ਨਿਰਮਲ ਸਿੰਘ ਦਾ ਜ਼ਿਕਰ ਕਰਦਿਆ ਉਨ੍ਹਾਂ ਕਿਹਾ ਕਿ ਉਹ ਇੰਨਾ ਗਰੀਬ ਹੈ ਕਿ ਰਾਜ ਮਿਸਤਰੀ ਹੁੰਦਿਆਂ ਹੋਇਆਂ ਵੀ ਉਹ ਆਪਣੇ ਘਰੇ ਬਾਥਰੂਮ ਤੱਕ ਨਹੀਂ ਬਣਾ ਸਕਿਆ। ਉਨ੍ਹਾਂ ਪੰਜਾਬ ਦੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਵਿਦੇਸ਼ਾਂ ਦੇ ਪੌਂਡਾਂ ਡਾਲਰਾਂ ਦੀ ਚਮਕ-ਦਮਕ ਦੇ ਪਿੱਛੇ ਨਾ ਭੱਜਣ ਸਗੋਂ ਇੰਨੇ ਪੈਸਿਆਂ ਨਾਲ ਭਾਰਤ ’ਚ ਰਹਿ ਕਿ ਹੀ ਆਪਣਾ ਕਾਰੋਬਾਰ ਚਲਾ ਸਕਦੇ ਹਨ।
ਤਿੰਨ ਭੈਣਾਂ ਦਾ ਭਰਾ ਹੈ ਅਰਸ਼ਦੀਪ
ਅਰਸ਼ਦੀਪ ਦੇ ਪਿਤਾ ਨਿਰਮਲ ਸਿੰਘ ਨੇ ਦੱਸਿਆ ਕਿ ਉਸ ਦੀਆਂ ਤਿੰਨ ਧੀਆਂ ਵਿਆਹੁਣ ਵਾਲੀਆਂ ਹਨ। ਉਹ ਤਿੰਨੋਂ ਹੀ ਅਰਸ਼ਦੀਪ ਤੋਂ ਵੱਡੀਆਂ ਹਨ। ਉਹ ਆਪ ਰਾਜ ਮਿਸਤਰੀ ਦਾ ਕੰਮ ਕਰਦਾ ਹੈ। ਉਨ੍ਹਾਂ ਨੇ ਇਸ ਇਰਾਦੇ ਨਾਲ ਕਰਜ਼ਾ ਚੁੱਕਿਆ ਸੀ ਕਿ ਘਰ ਦੀ ਗਰੀਬੀ ਚੁੱਕੀ ਜਾਵੇਗੀ, ਧੀਆਂ ਵਿਆਹੀਆਂ ਜਾਣਗੀਆਂ ਤੇ ਚੰਗਾ ਘਰ ਵੀ ਬਣ ਜਾਵੇਗਾ ਪਰ ਟਰੈਵਲ ਏਜੰਟ ਦੇ ਧੋਖੇ ਨੇ ਉਨ੍ਹਾਂ ਦੇ ਸੁਪਨਿਆਂ ਉੱਪਰ ਪਾਣੀ ਫੇਰ ਦਿੱਤਾ ਤੇ ਪੀੜਤ ਪਰਿਵਾਰ ਨੂੰ 20 ਲੱਖ ਦੇ ਕਰਜ਼ੇ ਦੀ ਪੰਡ ਹੇਠਾਂ ਲੈ ਆਇਆ। ਉਸ ਨੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਸੂਬੇ ਦੇ ਟਰੈਵਲ ਏਜੰਟਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ ਤੇ ਉਸ ਦੇ ਸਾਰੇ ਪੈਸੇ ਵਾਪਸ ਕਰਵਾਏ ਜਾਣ ਤਾਂ ਜੋ ਆਪਣੇ ਸਿਰ ਕਰਜ਼ਾ ਲਾਹ ਸਕੇ।