ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਫਰੀਦਕੋਟ ਜ਼ਿਲ੍ਹੇ ਦੀ ਅਮਨ ਕਾਨੂੰਨ ਦੀ ਸਥਿਤੀ ਬਾਰੇ DGP ਪੰਜਾਬ ਨਾਲ ਕੀਤੀ ਸਮੀਖਿਆ ਮੀਟਿੰਗ
ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਬੀਤੀ ਸ਼ਾਮ ਫਰੀਦਕੋਟ ਜ਼ਿਲ੍ਹੇ ਦੀ ਅਮਨ ਕਾਨੂੰਨ ਦੀ ਸਥਿਤੀ ਬਾਰੇ DGP ਪੰਜਾਬ ਗੌਰਵ ਯਾਦਵ ਨਾਲ ਸਮੀਖਿਆ ਮੀਟਿੰਗ ਕੀਤੀ। ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ DGP ਤੋਂ ਜ਼ਿਲ੍ਹਾ ਫ਼ਰੀਦਕੋਟ ਦੇ ਪਿੰਡਾਂ, ਸ਼ਹਿਰਾਂ ਅਤੇ ਕਸਬਿਆਂ ਵਿੱਚ ਪੁਲਿਸ ਪ੍ਰਬੰਧਾਂ ਦੀ ਜਾਣਕਾਰੀ ਲੈਂਦਿਆਂ ਕਿਹਾ ਕਿ ਜ਼ਿਲ੍ਹੇ ਅੰਦਰ ਪੁਲਿਸ ਗਸ਼ਤ ਤੇਜ਼ ਕੀਤੀ ਜਾਵੇ, ਨਾਕਾਬੰਦੀ ਵਧਾਈ ਜਾਵੇ ਅਤੇ ਸ਼ੱਕੀ ਵਿਅਕਤੀਆਂ ‘ਤੇ ਤਿੱਖੀ ਨਜ਼ਰ ਰੱਖੀ ਜਾਵੇ।
ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਪਿਛਲੇ ਸਮੇਂ ਦੌਰਾਨ ਫਰੀਦਕੋਟ ਜ਼ਿਲ੍ਹੇ ਵਿੱਚ ਪੈਦਲ ਰਾਹਗੀਰਾਂ ਨੂੰ ਲੁੱਟਣ ਦੀਆਂ ਕੁਝ ਘਟਨਾਵਾਂ ਸਾਹਮਣੇ ਆਈਆਂ ਹਨ। ਉਨ੍ਹਾਂ ਥਾਣਾ ਮੁਖੀ ਨੂੰ ਕਿਹਾ ਕਿ ਅਜਿਹੇ ਸਮਾਜ ਵਿਰੋਧੀ ਅਨਸਰਾਂ ਨੂੰ ਕਿਸੇ ਵੀ ਕੀਮਤ ’ਤੇ ਬਖਸ਼ਿਆ ਨਹੀਂ ਜਾਣਾ ਚਾਹੀਦਾ। ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਆਮ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਅਤੇ ਪੁਲਿਸ ਦੇ ਚੰਗੇ ਪ੍ਰਬੰਧ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸਮਾਜ ਵਿਰੋਧੀ ਅਨਸਰਾਂ ਨਾਲ ਸਖ਼ਤੀ ਨਾਲ ਨਿਪਟਿਆ ਜਾਵੇਗਾ।
ਇਸ ਮੌਕੇ ਪੰਜਾਬ ਪੁਲਿਸ ਮੁਖੀ ਗੌਰਵ ਯਾਦਵ ਨੇ ਕਿਹਾ ਕਿ ਫ਼ਰੀਦਕੋਟ ਜ਼ਿਲ੍ਹੇ ਸਮੇਤ ਪੂਰੇ ਪੰਜਾਬ ਵਿੱਚ ਅਮਨ ਕਾਨੂੰਨ ਦੀ ਸਥਿਤੀ ਨੂੰ ਖ਼ਰਾਬ ਕਰਨ ਦੀ ਕਿਸੇ ਨੂੰ ਵੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਚੋਰਾਂ, ਲੁਟੇਰਿਆਂ ਅਤੇ ਗੁੰਡਿਆਂ ਨਾਲ ਸਖ਼ਤੀ ਨਾਲ ਨਜਿੱਠੇਗੀ।