ਸੀਐਮ ਭਗਵੰਤ ਮਾਨ ਦਾ ਐਲਾਨ…ਪਰਵਾਸੀ ਭਾਰਤੀਆਂ ਦੀ ਦੱਬੀ ਜਾਇਦਾਦ ਵਿਆਜ ਸਮੇਤ ਵਾਪਸ ਕਰਵਾਈ ਜਾਏਗੀ
ਮੁੱਖ ਮੰਤਰੀ ਭਗਵੰਤ ਮਾਨ ਨੇ ਐਲਾਨ ਕੀਤਾ ਹੈ ਕਿ ਹੁਣ ਪੰਜਾਬ ਅੰਦਰ ਪਰਵਾਸੀ ਭਾਰਤੀਆਂ ਦੀ ਜਾਇਦਾਦ ਕੋਈ ਨਹੀਂ ਦੱਬ ਸਕੇਗਾ। ਉਨ੍ਹਾਂ ਨੇ ਕਿਹਾ ਹੈ ਕਿ ਦੱਬੇ ਹੋਏ ਪਲਾਟ ਵਿਆਜ ਸਮੇਤ ਵਾਪਸ ਕਰਵਾਏ ਜਾਣਗੇ। ਇਸ ਦੇ ਨਾਲ ਹੀ ਸੀਐਮ ਮਾਨ ਨੇ ਵਿਸਵ ਭਰ ਵਿੱਚ ਵਸਦੇ ਐਨਆਰਆਈ ਭਾਈਚਾਰੇ ਨੂੰ ਪੰਜਾਬ ਦੇ ਅਰਥਚਾਰੇ ਨੂੰ ਦੁਨੀਆ ਦੇ ਮੋਹਰੀ ਸੂਬੇ ਵਜੋਂ ਉਭਾਰਨ ਲਈ ਉਨ੍ਹਾਂ ਨੂੰ ਖੁੱਲ੍ਹੇ ਦਿਲ ਨਾਲ ਸਹਿਯੋਗ ਦੇਣ ਦਾ ਸੱਦਾ ਦਿੱਤਾ।
ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੌਰਾਨ ਐਨਆਰਆਈ ਨੂੰ ਅਫਸਰਸ਼ਾਹੀ ਦੇ ਹੱਥੋਂ ਜ਼ਲਾਲਤ ਸਹਿਣੀ ਪੈਂਦੀ ਸੀ। ਸੀਐਮ ਮਾਨ ਨੇ ਕਿਹਾ ਕਿ ਜਦੋਂ ਤੋਂ ਉਨ੍ਹਾਂ ਨੇ ਅਹੁਦਾ ਸੰਭਾਲਿਆ ਹੈ, ਪਰਵਾਸੀ ਭਾਰਤੀਆਂ ਦੀ ਭਲਾਈ ਲਈ ਬਹੁਤ ਸਾਰੀਆਂ ਪਹਿਲਕਦਮੀਆਂ ਕੀਤੀਆਂ ਗਈਆਂ ਹਨ ਤੇ ਸੂਬੇ ਵਿੱਚ ਨਵਾਂ ਬਦਲਾਅ ਦੇਖਣ ਨੂੰ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਤਾਂ ਅਜੇ ਸਿਰਫ ਸੁਰੂਆਤ ਹੈ ਕਿਉਂਕਿ ਪਰਵਾਸੀ ਭਾਰਤੀਆਂ ਦਾ ਮਾਣ ਬਹਾਲ ਕਰਨ ਲਈ ਬਹੁਤ ਸਾਰੇ ਹੋਰ ਲੀਹੋਂ ਹਟਵੇਂ ਕਦਮ ਚੁੱਕੇ ਜਾ ਰਹੇ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਪਰਵਾਸੀ ਭਾਰਤੀ ਭਰਾਵਾਂ ਨੂੰ ਉਨ੍ਹਾਂ ਦੇ ਮਸਲਿਆਂ ਦੇ ਹੱਲ ਲਈ ਸਹੂਲਤ ਦੇਣ ਵਾਸਤੇ ਸੂਬਾ ਸਰਕਾਰ ਨੇ ਪਰਵਾਸੀ ਭਾਰਤੀ ਮਾਮਲਿਆਂ ਬਾਰੇ ਵਿਭਾਗ ਦੀ ਨਵੀਂ ਵੈੱਬਸਾਈਟ ਦੀ ਸ਼ੁਰੂਆਤ ਕੀਤੀ ਹੈ। ਮੁੱਖ ਮੰਤਰੀ ਨੇ ਇਸ ਵੈੱਬਸਾਈਟ ਨੂੰ ਲੀਹੋਂ ਹਟਵੀਂ ਪਹਿਲ ਦੱਸਿਆ ਜਿਸ ਦਾ ਉਦੇਸ ਜਿੱਥੇ ਪਰਵਾਸੀ ਭਾਰਤੀਆਂ ਦੀ ਭਲਾਈ ਨੂੰ ਯਕੀਨੀ ਬਣਾਉਣਾ ਹੈ, ਉਥੇ ਦੂਜੇ ਪਾਸੇ ਉਨ੍ਹਾਂ ਨੂੰ ਆਪਣੀਆਂ ਜੜ੍ਹਾਂ ਨਾਲ ਜੁੜੇ ਰਹਿਣ ਵਿੱਚ ਮਦਦ ਕਰਨਾ ਹੈ।
ਸੀਐਮ ਮਾਨ ਨੇ ਦੱਸਿਆ ਕਿ ਵੈੱਬਸਾਈਟ ‘ਤੇ ਐਨਆਰਆਈ ਪੁਲਿਸ ਵਿੰਗ, ਪੰਜਾਬ ਸਟੇਟ ਕਮਿਸਨ ਫਾਰ ਐਨਆਰਆਈਜ ਤੇ ਐਨਆਰਆਈ ਸਭਾ ਨਾਲ ਸਬੰਧਤ ਵਿਸਥਾਰਤ ਜਾਣਕਾਰੀ ਹੈ। ਇਸੇ ਤਰ੍ਹਾਂ ਮੁੱਖ ਮੰਤਰੀ ਨੇ ਕਿਹਾ ਕਿ ਐਨਆਰਆਈਜ ਨੂੰ ਇੱਕ ਹੋਰ ਵੱਡੀ ਰਾਹਤ ਦਿੰਦਿਆਂ ਸੂਬਾ ਸਰਕਾਰ ਨੇ ‘ਮੁੱਖ ਮੰਤਰੀ ਫੀਲਡ ਅਫਸਰਾਂ’ ਨੂੰ ਪਰਵਾਸੀ ਭਾਰਤੀਆਂ ਲਈ ਨੋਡਲ ਅਫਸਰ ਨਿਯੁਕਤ ਕੀਤਾ ਹੈ ਤਾਂ ਜੋ ਉਨ੍ਹਾਂ ਦੀਆਂ ਸ਼ਿਕਾਇਤਾਂ ਦਾ ਤੁਰੰਤ ਤੇ ਸਮਾਂਬੱਧ ਢੰਗ ਨਾਲ ਨਿਪਟਾਰਾ ਯਕੀਨੀ ਬਣਾਇਆ ਜਾ ਸਕੇ।
ਉਨ੍ਹਾਂ ਜੋਰ ਦੇ ਕੇ ਕਿਹਾ ਕਿ ਇਸ ਕਦਮ ਦਾ ਉਦੇਸ ਇਹ ਯਕੀਨੀ ਬਣਾਉਣਾ ਹੈ ਕਿ ਸੂਬੇ ਦੇ ਵਸਨੀਕਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਜ਼ਿਲ੍ਹਾ ਪੱਧਰ ‘ਤੇ ਉਨ੍ਹਾਂ ਨੂੰ ਢਾਂਚਾਗਤ ਅਤੇ ਅਸਰਦਾਰ ਸ਼ਿਕਾਇਤ ਨਿਵਾਰਣ ਪ੍ਰਣਾਲੀ ਪ੍ਰਦਾਨ ਕਰਕੇ ਕੀਤਾ ਜਾਵੇ। ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਏਸੇ ਮੰਤਵ ਤਹਿਤ ਹੀ ਸੂਬਾ ਸਰਕਾਰ ਨੇ ਪਰਵਾਸੀ ਭਾਰਤੀਆਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਨੂੰ ਯਕੀਨੀ ਬਣਾਉਣ ਲਈ ‘ਮੁੱਖ ਮੰਤਰੀ ਫੀਲਡ ਅਫਸਰਾਂ’ ਨੂੰ ਨੋਡਲ ਅਫਸਰ ਵਜੋਂ ਨਿਯੁਕਤ ਕਰਨ ਦਾ ਫੈਸਲਾ ਕੀਤਾ ਹੈ।
ਮੁੱਖ ਮੰਤਰੀ ਨੇ ਕਿਹਾ, “ਸਾਡੀ ਸਰਕਾਰ ਐਨਆਰਆਈ ਭਾਈਚਾਰੇ ਦੇ ਜੀਵਨ ਨੂੰ ਵਿਦੇਸਾਂ ਵਾਂਗ ਸੁਖਾਂਵਾ ਅਤੇ ਸੁਹਾਵਣਾ ਬਣਾਉਣ ਲਈ ਉਨ੍ਹਾਂ ਦੀਆਂ ਖਾਹਿਸਾਂ ਪੂਰਾ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਤਾਂ ਕਿ ਪੰਜਾਬ ਨੂੰ ਉਨ੍ਹਾਂ ਦੇ ਸੁਪਨਿਆਂ ਦਾ ਘਰ ਬਣਾਇਆ ਜਾ ਸਕੇ। ਮੈਨੂੰ ਪੂਰਾ ਭਰੋਸਾ ਹੈ ਕਿ ‘ਵਤਨ ਵਾਪਸੀ‘ ਦਾ ਰੁਝਾਨ ਸੁਰੂ ਹੋ ਗਿਆ ਹੈ ਜਿਸ ਨਾਲ ਇਹ ਨਾ ਸਿਰਫ ਨੌਜਵਾਨਾਂ ਖਾਸ ਕਰਕੇ ਸੁਨਹਿਰੇ ਸੁਪਨਿਆਂ ਦੀ ਭਾਲ ਵਿਚ ਵਿਦੇਸ ਜਾਣ ਦੇ ਚਾਹਵਾਨ ਨੌਜਵਾਨਾਂ ਦੇ ਪਰਵਾਸ ਕਰਨ ਦੇ ਉੱਭਰੇ ਰੁਝਾਨ ਨੂੰ ਠੱਲ੍ਹ ਪਏਗੀ, ਸਗੋਂ ਪਰਵਾਸੀ ਭਾਰਤੀਆਂ ਨੂੰ ਸੂਬੇ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਯੋਗਦਾਨ ਪਾਉਣ ਲਈ ਪ੍ਰੇਰਿਤ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਅਦਾ ਕਰੇਗੀ।” ਉਨ੍ਹਾਂ ਨੇ ਪਰਵਾਸੀ ਭਾਰਤੀਆਂ ਨੂੰ ਪੰਜਾਬ ਨੂੰ ਦੇਸ ਦਾ ਮੋਹਰੀ ਸੂਬਾ ਬਣਾਉਣ ਲਈ ਇਸ ਨੇਕ ਕਾਰਜ ਲਈ ਕਾਰਗਰ ਭੂਮਿਕਾ ਨਿਭਾਉਣ ਦਾ ਸੱਦਾ ਦਿੱਤਾ।