ਸੰਗਰੂਰ ਜ਼ਹਿਰੀਲੀ ਸ਼ਰਾਬ ਮਾਮਲਾ: ਪੀੜਤ ਪਰਿਵਾਰਾਂ ਨੂੰ ਮਿਲਣ ਪਹੁੰਚੇ CM ਮਾਨ, ਦਿੱਤਾ ਵੱਡਾ ਬਿਆਨ

ਪੰਜਾਬ ‘ਚ ਜ਼ਹਿਰੀਲੀ ਸ਼ਰਾਬ ਪੀਣ ਨਾਲ 4 ਦਿਨਾਂ ‘ਚ ਕਰੀਬ 21 ਲੋਕਾਂ ਦੀ ਮੌਤ ਹੋ ਗਈ ਹੈ। ਸਭ ਤੋਂ ਵੱਧ ਪ੍ਰਭਾਵਿਤ ਖੇਤਰ ਸੰਗਰੂਰ ਹੈ। ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਖਿਲਾਫ ਦਿੱਲੀ ‘ਚ ਚੱਲ ਰਹੇ ਧਰਨੇ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਪਰਤ ਕੇ ਸੰਗਰੂਰ ਪਹੁੰਚ ਗਏ ਹਨ। ਉਨ੍ਹਾਂ ਤੋਂ ਇਲਾਵਾ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੀ ਪੀੜਤ ਪਰਿਵਾਰਾਂ ਨੂੰ ਮਿਲ ਰਹੇ ਹਨ।

ਮੁੱਖ ਮੰਤਰੀ ਭਗਵੰਤ ਮਾਨ ਨੇ ਪੀੜਤ ਪਰਿਵਾਰਾਂ ਨੂੰ ਭਰੋਸਾ ਦਿੱਤਾ ਹੈ ਕਿ ਪ੍ਰਸ਼ਾਸਨ ਵੱਲੋਂ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਇਹ ਮੌਤਾਂ ਨਹੀਂ ਕਤਲ ਨੇ, ਮਾਸੂਮ ਲੋਕਾਂ ਦੇ ਕਾਤਲਾਂ ਨੂੰ ਬਖਸ਼ਿਆ ਨਹੀਂ ਜਾਵੇਗਾ। ਦੋਸ਼ੀਆਂ ਨੂੰ ਕਾਨੂੰਨ ਮੁਤਾਬਕ ਸਖਤ ਸਜ਼ਾ ਦਿੱਤੀ ਜਾਵੇਗੀ। ਸਰਕਾਰ ਪੀੜਤ ਪਰਿਵਾਰਾਂ ਦੀ ਹਰ ਸੰਭਵ ਮਦਦ ਕਰੇਗੀ।

ਮੰਗਲਵਾਰ ਰਾਤ ਤੋਂ ਸ਼ੁਰੂ ਹੋਈ ਮੌਤਾਂ ਦਾ ਸਿਲਸਿਲਾ ਸ਼ਨੀਵਾਰ ਤੱਕ ਜਾਰੀ ਰਿਹਾ। ਸੰਗਰੂਰ ਅਤੇ ਪਟਿਆਲਾ ਦੇ ਹਸਪਤਾਲਾਂ ਵਿੱਚ ਅਜੇ ਵੀ 23 ਦੇ ਕਰੀਬ ਲੋਕ ਦਾਖ਼ਲ ਹਨ। ਸਭ ਤੋਂ ਵੱਧ ਮੌਤਾਂ ਪੰਜਾਬ ਦੇ ਸੰਗਰੂਰ ਵਿੱਚ ਹੋਈਆਂ ਹਨ। ਮਰਨ ਵਾਲੇ ਲਗਭਗ 21 ਲੋਕਾਂ ਵਿੱਚੋਂ 19 ਇੱਥੋਂ ਦੇ ਸਨ। ਬਾਕੀ ਦੋ ਪਟਿਆਲਾ ਜ਼ਿਲ੍ਹੇ ਦੇ ਹਨ। ਪੰਜਾਬ ਦੇ ਮੁੱਖ ਚੋਣ ਅਧਿਕਾਰੀ ਨੇ ਇਸ ਮਾਮਲੇ ਵਿੱਚ ਮੁੱਖ ਸਕੱਤਰ ਅਤੇ ਡੀਜੀਪੀ ਤੋਂ ਰਿਪੋਰਟ ਮੰਗੀ ਹੈ, ਤਾਂ ਜੋ ਚੋਣ ਕਮਿਸ਼ਨ ਨੂੰ ਜਾਣਕਾਰੀ ਦਿੱਤੀ ਜਾ ਸਕੇ। ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਇਸ ਮਾਮਲੇ ਵਿੱਚ ਮੁੱਖ ਸਕੱਤਰ ਅਤੇ ਡੀਜੀਪੀ ਤੋਂ ਪਹਿਲਾਂ ਹੀ ਰਿਪੋਰਟ ਤਲਬ ਕੀਤੀ ਹੈ।

Leave a Reply

Your email address will not be published. Required fields are marked *