PM ਮੋਦੀ ਦੀ ਸੁਰੱਖਿਆ ‘ਚ ਉਕਾਈ ਮਾਮਲੇ ‘ਚ SP, ਦੋ DSP ਸਮੇਤ ਇਹ 7 ਅਧਿਕਾਰੀ ਮੁਅੱਤਲ

ਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ’ਚ ਉਕਾਈ ਦੇ ਮਾਮਲੇ ’ਚ ਫਿਰੋਜ਼ਪੁਰ ਦੇ ਤੱਤਕਾਲੀ ਐੱਸਪੀ (ਆਪ੍ਰੇਸ਼ਨ) ਗੁਰਵਿੰਦਰ ਸਿੰਘ ਸਮੇਤ ਸੱਤ ਪੁਲਿਸ ਅਧਿਕਾਰੀਆਂ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਡਿਊਟੀ ’ਚ ਕੁਤਾਹੀ ਵਰਤਣ ਦੇ ਦੋਸ਼ ’ਚ ਮੁਅੱਤਲ ਕੀਤੇ ਗਏ ਹੋਰਨਾਂ ਅਧਿਕਾਰੀਆਂ ’ਚ ਦੋ ਡੀਐੱਸਪੀਜ਼, ਤਿੰਨ ਇੰਸਪੈਕਟਰ ਤੇ ਇਕ ਏਐੱਸਆਈ ਸ਼ਾਮਲ ਹਨ। ਜ਼ਿਕਰਯੋਗ ਹੈ ਕਿ ਪੰਜ ਫਰਵਰੀ 2022 ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਰੈਲੀ ’ਚ ਸ਼ਾਮਲ ਹੋਣ ਲਈ ਬਠਿੰਡਿਓਂ ਸੜਕ ਮਾਰਗ ਰਾਹੀਂ ਫਿਰੋਜ਼ਪੁਰ ਦੇ ਹੁਸੈਨੀਵਾਲਾ ਵਿਖੇ ਜਾ ਰਹੇ ਸਨ। ਰਾਹ ’ਚ ਕਿਸਾਨਾਂ ਨੇ ਟਰੈਕਟਰ ਖੜ੍ਹੇ ਕਰਕੇ ਹਾਈਵੇ ਬੰਦ ਕਰ ਦਿੱਤਾ। ਪੀਐੱਮ ਦਾ ਕਾਫ਼ਲਾ 20 ਮਿੰਟ ਤੱਕ ਫਲਾਈਓਵਰ ’ਤੇ ਰੁਕਿਆ ਰਿਹਾ। ਰਾਹ ਨਾ ਖੁੱਲ੍ਹਣ ’ਤੇ ਉਨ੍ਹਾਂ ਨੂੰ ਵਾਪਸ ਜਾਣਾ ਪਿਆ ਸੀ। ਬਠਿੰਡਾ ਹਵਾਈ ਅੱਡੇ ’ਤੇ ਪੁੱਜਣ ’ਤੇ ਪੀਐੱਮ ਨੇ ਕਿਹਾ ਸੀ-ਆਪਣੇ ਮੁੱਖ ਮੰਤਰੀ ਦਾ ਧੰਨਵਾਦ ਕਰਨਾ, ਕਹਿਣਾ ਕਿ ਮੈਂ ਜਿਊਂਦਾ ਮੁੜ ਰਿਹਾ ਹਾਂ। ਉਦੋਂ ਸੂਬੇ ’ਚ ਕਾਂਗਰਸ ਦੀ ਸਰਕਾਰ ਸੀ ਤੇ ਚਰਨਜੀਤ ਸਿੰਘ ਚੰਨੀ ਮੁੱਖ ਮੰਤਰੀ ਸਨ।

ਇਹ ਹੈ ਪੂਰਾ ਮਾਮਲਾ

ਚੇਤੇ ਰਹੇ ਕਿ ਪ੍ਰਧਾਨ ਮੰਤਰੀ ਦੀ ਸੁਰੱਖਿਆ ’ਚ ਲਾਪਰਵਾਹੀ ਨੂੰ ਲੈ ਕੇ ਸੁਪਰੀਮ ਕੋਰਟ ਵੱਲੋਂ ਬਣਾਈ ਗਈ ਜਾਂਚ ਕਮੇਟੀ ਦੀ ਰਿਪੋਰਟ ’ਚ ਪੰਜਾਬ ਦੇ ਤੱਤਕਾਲੀ ਮੁੱਖ ਸਕੱਤਰ ਅਨਿਰੁਧ ਤਿਵਾੜੀ ਤੇ ਡੀਜੀਪੀ ਸਿਧਾਰਥ ਚਟੋਪਾਧਿਆਏ ਨੂੰ ਦੋਸ਼ੀ ਠਹਿਰਾਇਆ ਹੈ। ਕਮੇਟੀ ਨੇ ਅੱਠ ਮਹੀਨੇ ਪਹਿਲਾਂ ਅਗਸਤ 2022 ’ਚ ਇਹ ਰਿਪੋਰਟ ਸੁਪਰੀਮ ਕੋਰਟ ਤੇ ਸਰਕਾਰ ਨੂੰ ਸੌਂਪ ਦਿੱਤੀ ਸੀ। ਇਸ ਰਿਪੋਰਟ ਦੇ ਆਧਾਰ ’ਤੇ ਕੇਂਦਰ ਨੇ ਸਤੰਬਰ 2022 ’ਚ ਪੰਜਾਬ ਸਰਕਾਰ ਨੂੰ ਪੱਤਰ ਲਿਖ ਕੇ ਦੋਸ਼ੀ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਕਰਨ ਲਈ ਕਿਹਾ ਗਿਆ ਸੀ। ਪਰ ਛੇ ਮਹੀਨੇ ਬੀਤ ਜਾਣ ਦੇ ਬਾਵਜੂਦ ਇਸ ਮਾਮਲੇ ’ਚ ਕੋਈ ਕਾਰਵਾਈ ਨਹੀਂ ਹੋਈ। ਜ਼ਿਕਰਯੋਗ ਹੈ ਕਿ ਇਸ ਘਟਨਾ ਤੋਂ ਬਾਅਦ ਸੁਪਰੀਮ ਕੋਰਟ ਨੇ ਮਾਮਲੇ ਦੀ ਜਾਂਚ ਲਈ ਸਾਬਕਾ ਜਸਟਿਸ ਇੰਦੂ ਮਲਹੋਤਰਾ ਦੀ ਅਗਵਾਈ ’ਚ ਪੰਜ ਮੈਂਬਰੀ ਕਮੇਟੀ ਦਾ ਗਠਨ ਕੀਤਾ ਸੀ। ਇਸ ਕਮੇਟੀ ਨੇ ਪੂਰੇ ਘਟਨਾਕ੍ਰਮ ਦੀ ਜਾਂਚ ਕੀਤੀ।

ਪ੍ਰਧਾਨ ਮੰਤਰੀ ਦੇ ਦੌਰੇ ਦੌਰਾਨ ਤੱਤਕਾਲੀ ਏਡੀਜੀਪੀ (ਲਾਅ ਐਂਡ ਆਰਡਰ) ਨਰੇਸ਼ ਅਰੋੜਾ, ਏਡੀਜੀਪੀ (ਸਾਈਬਰ ਕ੍ਰਾਈਮ) ਜੀ ਨਾਗੇਸ਼ਵਰ ਰਾਓ, ਡੀਆਈਜੀ ਫ਼ਰੀਦਕੋਟ ਸੁਰਜੀਤ ਸਿੰਘ (ਹੁਣ ਰਿਟਾਇਰ ਹੋ ਚੁੱਕੇ ਹਨ), ਐੱਸਐੱਸਪੀ ਮੋਗਾ ਚਰਨਜੀਤ ਸਿੰਘ, ਆਈਜੀ (ਕਾਊਂਟਰ ਇੰਟੈਲੀਜੈਂਸ) ਰਾਕੇਸ਼ ਅਗਰਵਾਲ, ਡੀਆਈਜੀ ਫਿਰੋਜ਼ਪੁਰ ਰੇਂਜ ਇੰਦਰਬੀਰ ਸਿੰਘ ਤੇ ਐੱਸਐੱਸਪੀ ਫਿਰੋਜ਼ਪੁਰ ਹਰਮਨਦੀਪ ਹੰਸ ਡਿਊਟੀ ’ਤੇ ਸਨ। ਪਹਿਲਾਂ ਇਸ ਪੂਰੇ ਘਟਨਾਕ੍ਰਮ ਲਈ ਐੱਸਐੱਸਪੀ ਹਰਮਨਦੀਪ ਸਿੰਘ ਹੰਸ ਨੂੰ ਹੀ ਜ਼ਿੰਮੇਵਾਰ ਮੰਨਿਆ ਜਾ ਰਿਹਾ ਸੀ, ਪਰ ਸੁਪਰੀਮ ਕੋਰਟ ਦੇ ਨਿਰਦੇਸ਼ ’ਤੇ ਬਣੀ ਕਮੇਟੀ ਦੀ ਰਿਪੋਰਟ ’ਚ ਤੱਤਕਾਲੀ ਮੁੱਖ ਸਕੱਤਰ ਤੇ ਡੀਜੀਪੀ ਦੀ ਲਾਪਰਵਾਹੀ ਸਾਹਮਣੇ ਆਈ ਹੈ। ਇਸ ਵਿਚ ਕਿਹਾ ਗਿਆ ਹੈ ਕਿ ਜਿਸ ਅਧਿਕਾਰੀ ਕੋਲ ਜਿਹੜੀ ਵੀ ਜ਼ਿੰਮੇਵਾਰੀ ਸੀ, ਉਹ ਉਸਨੂੰ ਠੀਕ ਤਰੀਕੇ ਨਾਲ ਨਿਭਾ ਨਹੀਂ ਸਕੇ। ਰਿਪੋਰਟ ’ਚ ਕਿਹਾ ਗਿਆ ਕਿ ਆਈਜੀ (ਐੱਸਪੀਜੀ) ਆਰ ਆਰ ਭਗਤ ਵੱਲੋਂ ਇਸ ਮਾਹੌਲ ਨੂੰ ਲੈ ਕੇ ਪੁਲਿਸ ਅਧਿਕਾਰੀਆਂ ਨੂੰ ਸਮੇਂ ਤੋਂ ਪਹਿਲਾਂ ਹੀ ਇਨਪੁੱਟ ਮੁਹੱਈਆ ਕਰਵਾਏ ਗਏ ਸਨ, ਪਰ ਇਸ ਦੇ ਬਾਵਜੂਦ ਸਮਾਂ ਰਹਿੰਦੇ ਕਾਰਵਾਈ ਨਹੀਂ ਕੀਤੀ ਗਈ। ਇੱਥੋਂ ਤੱਕ ਕਿ ਇਸ ਗੱਲ ਦੀ ਜਾਣਕਾਰੀ ਵੀ ਮੁਹੱਈਆ ਕਰਵਾਈ ਗਈ ਸੀ ਕਿ ਪ੍ਰਧਾਨ ਮੰਤਰੀ ਦੀ ਰੈਲੀ ਵਾਲੀ ਥਾਂ ’ਤੇ ਪਹੁੰਚਣ ਲਈ ਬਦਲਵੇਂ ਰਸਤੇ ਦੀ ਵਰਤੋਂ ਕੀਤੀ ਜਾਵੇ। ਇਸ ਦੇ ਬਾਵਜੂਦ ਸੁਰੱਖਿਆ ਨੂੰ ਲੈ ਕੇ ਪੁਖ਼ਤਾ ਪ੍ਰਬੰਧ ਨਹੀਂ ਕੀਤੇ ਗਏ। ਹੁਣ ਇਸ ਰਿਪੋਰਟ ਤੋਂ ਬਾਅਦ ਸੀਨੀਅਰ ਅਧਿਕਾਰੀਆਂ ’ਤੇ ਕਾਰਵਾਈ ਨਾ ਕੀਤੇ ਜਾਣ ਨੂੰ ਲੈ ਕੇ ਸਵਾਲ ਖੜ੍ਹੇ ਹੋ ਰਹੇ ਹਨ।

ਸਖ਼ਤ ਕਾਰਵਾਈ ਦੀ ਸਿਫ਼ਾਰਸ਼

ਗ੍ਰਹਿ ਵਿਭਾਗ ਵੱਲੋਂ ਮੁਅੱਤਲ ਕੀਤੇ ਗਏ ਉਕਤ ਅਧਿਕਾਰੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੇ ਜਾਣ ਦੀ ਸਿਫ਼ਾਰਸ਼ ਕੀਤੀ ਗਈ ਹੈ। ਜੇ ਉਨ੍ਹਾਂ ਨੂੰ ਬਰਖ਼ਾਸਤ ਨਹੀਂ ਕੀਤਾ ਜਾਂਦਾ ਤਾਂ ਉਸੇ ਅਹੁਦੇ ’ਤੇ ਡਿਮੋਟ ਕੀਤਾ ਜਾ ਸਕਦਾ ਹੈ ਜਿਸ ਅਹੁਦੇ ’ਤੇ ਉਨ੍ਹਾਂ ਨੌਕਰੀ ਜੁਆਇਨ ਕੀਤੀ ਸੀ। ਗ੍ਰਹਿ ਤੇ ਨਿਆਂ ਵਿਭਾਗ ਵੱਲੋਂ ਜਾਰੀ ਨਿਰਦੇਸ਼ਾਂ ’ਚ ਕਿਹਾ ਗਿਆ ਹੈ ਕਿ ਅਧਿਕਾਰੀਆਂ ਤੇ ਮੁਲਾਜ਼ਮਾਂ ਨੂੰ ਚਾਰਜਸ਼ੀਟ ਕਰਨ ਦਾ ਖਰੜਾ ਤੇ ਗਵਾਹਾਂ ਦੀ ਸੂਚੀ ਤਿਆਰ ਕਰਕੇ ਸਰਕਾਰ ਨੂੰ ਭੇਜੀ ਜਾਵੇ। ਪੀਪੀਐੱਸ ਅਧਿਕਾਰੀਆਂ ਨੂੰ ਹੈੱਡਕੁਆਰਟਰ ਅਟੈਚ ਕੀਤਾ ਗਿਆ ਹੈ। ਉਹ ਉਚ ਅਧਿਕਾਰੀਆਂ ਦੀ ਪ੍ਰਵਾਨਗੀ ਤੋਂ ਬਿਨਾਂ ਸਟੇਸ਼ਨ ਨਹੀਂ ਛੱਡ ਸਕਣਗੇ।

ਇਨ੍ਹਾਂ ਅਧਿਕਾਰੀਆਂ ਨੂੰ ਕੀਤਾ ਗਿਆ ਮੁਅੱਤਲ

ਤੱਤਕਾਲੀ ਐੱਸਪੀ ਗੁਰਵਿੰਦਰ ਸਿੰਘ, ਡੀਐੱਸਪੀ ਪ੍ਰਸੋਨ ਸਿੰਘ, ਜਗਦੀਸ਼ ਕੁਮਾਰ, ਇੰਸਪੈਕਟਰ ਜਤਿੰਦਰ ਸਿੰਘ, ਬਲਵਿੰਦਰ ਸਿੰਘ, ਜਸਵੰਤ ਸਿੰਘ ਤੇ ਏਐੱਸਆਈ ਰਾਕੇਸ਼ ਕੁਮਾਰ।

Leave a Reply

Your email address will not be published. Required fields are marked *